UPKAAR
WEBSITE BY SHRI GURU RAVIDAS WELFARE SOCIETY

                          Shri Guru Ravidas Welfare Society

HOME PAGE

ਸੋਹੰ

ਸੋਹੰ

ਗੁਰਬਾਣੀ ਵਿਚਾਰ

              

ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ

ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥  ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥

ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ ।[ ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁ੍ਨਖ-ਕਲੇਸ਼ ਜ਼ੋਰ ਪਾ ਲੈਂਦੇ ਹਨ । ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ । ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ । (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ । (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ ।

(ਨਾਨਕ ਦੀ ਤਾਂ ਇਹੀ ਬੇਨਤੀ ਹੈ) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ ।

ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥ ਦੀਪਕੁ ਸਹਜਿ ਬਲੈ ਤਤਿ ਜਲਾਇਆ ॥ ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ॥ ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥ ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ॥ ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥

ਹੇ ਭਾਈ! (ਜਿਵੇਂ) ਕੱਤਕ (ਦੇ ਮਹੀਨੇ) ਵਿਚ (ਕਿਸਾਨ ਨੂੰ ਮੁੰਜੀ ਮਕਈ ਆਦਿਕ ਸਾਵਣੀ ਦੇ ਫ਼ਸਲ ਦੀ ਕੀਤੀ ਕਮਾਈ ਮਿਲ ਜਾਂਦੀ ਹੈ, ਤਿਵੇਂ ਹਰੇਕ ਜੀਵ ਨੂੰ ਆਪਣੇ) ਕੀਤੇ ਕਰਮਾਂ ਦਾ ਫਲ (ਮਨ ਵਿਚ ਇਕੱਠੇ ਹੋਏ ਸੰਸਕਾਰਾਂ ਦੇ ਰੂਪ ਵਿਚ) ਮਿਲ ਜਾਂਦਾ ਹੈ ।

ਹੇ ਭਾਈ! (ਆਪਣੇ ਕੀਤੇ ਭਲੇ ਕਰਮਾਂ ਅਨੁਸਾਰ) ਜਿਹੜਾ ਮਨੁੱਖ ਪਰਮਾਤਮਾ ਨੂੰ ਪਿਆਰਾ ਲੱਗ ਪੈਂਦਾ ਹੈ (ਉਸ ਦੇ ਹਿਰਦੇ ਵਿਚ) ਆਤਮਕ ਅਡੋਲਤਾ ਦੇ ਕਾਰਨ (ਆਤਮਕ ਜੀਵਨ ਦੀ ਸੂਝ ਦੇਣ ਵਾਲੇ ਚਾਨਣ ਦਾ) ਦੀਵਾ ਜਗ ਪੈਂਦਾ ਹੈ (ਇਹ ਦੀਵਾ ਉਸ ਦੇ ਅੰਦਰ) ਪ੍ਰਭੂ ਨਾਲ ਡੂੰਘੀ ਜਾਣ-ਪਛਾਣ ਨੇ ਜਗਾਇਆ ਹੁੰਦਾ ਹੈ । ਜਿਸ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ (ਉਸ ਦੇ ਅੰਦਰ) ਆਤਮਕ ਜੀਵਨ ਦੀ ਸੂਝ ਦੇਣ ਵਾਲੇ ਚਾਨਣ ਦੇ ਆਨੰਦ ਦਾ (ਮਾਨੋ, ਦੀਵੇ ਵਿਚ) ਤੇਲ ਬਲ ਰਿਹਾ ਹੈ, ਉਹ ਜੀਵ-ਇਸਤ੍ਰੀ ਉਤਸ਼ਾਹ ਵਿਚ ਆਤਮਕ ਆਨੰਦ ਮਾਣਦੀ ਹੈ । (ਹੇ ਭਾਈ! ਜਿਸ ਜੀਵ-ਇਸਤ੍ਰੀ ਦੇ ਜੀਵਨ ਨੂੰ) ਵਿਕਾਰਾਂ ਨੇ ਮਾਰ ਮੁਕਾਇਆ ਉਹ ਆਤਮਕ ਮੌਤੇ ਮਰ ਗਈ, ਉਹ (ਜ਼ਿੰਦਗੀ ਵਿਚ) ਕਾਮਯਾਬ ਨਹੀਂ ਹੁੰਦੀ, ਪਰ ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨੇ ਵਿਕਾਰਾਂ ਵਲੋਂ) ਮਾਰਿਆ ਉਹ ਹੀ ਵਿਕਾਰਾਂ ਵਲੋਂ ਬਚੀ ਰਹੇਗੀ [ਹੇ ਨਾਨਕ! ਜਿਨ੍ਹਾਂ ਨੂੰ ਪਰਮਾਤਮਾ ਆਪਣਾ ਨਾਮ ਦੇਂਦਾ ਹੈ ਆਪਣੀ ਭਗਤੀ ਦੇਂਦਾ ਹੈ ਉਹ (ਵਿਕਾਰਾਂ ਵਲ ਭਟਕਣ ਦੇ ਥਾਂ) ਆਪਣੇ ਹਿਰਦੇ-ਘਰ ਵਿਚ ਟਿਕੇ ਰਹਿੰਦੇ ਹਨ, (ਉਹਨਾਂ ਦੇ ਅੰਦਰ) ਸਦਾ ਹੀ (ਪ੍ਰਭੂ-ਮਿਲਾਪ ਦੀ) ਤਾਂਘ ਬਣੀ ਰਹਿੰਦੀ ਹੈ (ਉਹ ਸਦਾ ਅਰਦਾਸ ਕਰਦੇ ਹਨਹੇ ਪਾਤਿਸ਼ਾਹ! ਸਾਨੂੰ) ਮਿਲ, (ਸਾਡੇ ਅੰਦਰੋਂ ਵਿਛੋੜਾ ਪਾਣ ਵਾਲੇ) ਕਿਵਾੜ ਖੋਹਲ ਦੇਹ, (ਤੇਰੇ ਨਾਲੋਂ) ਇਕ ਘੜੀ (ਦਾ ਵਿਛੋੜਾ) ਛੇ ਮਹੀਨੇ (ਦਾ ਵਿਛੋੜਾ ਜਾਪਦਾ) ਹੈ । ੧੨ ।

ਭਾਵ:- ਜਿਸ ਮਨੁੱਖ ਨੂੰ ਪਰਮਾਤਮਾ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦਾ ਹੈ, ਉਸ ਦੇ ਅੰਦਰ ਆਤਮਕ ਜੀਵਨ ਦੀ ਸੂਝ ਵਾਲੇ ਚਾਨਣ ਦਾ, ਮਾਨ, ਦੀਵਾ ਜਗ ਪੈਂਦਾ ਹੈ। ਉਹ ਮਨੁੱਖ ਪਰਮਾਤਮਾ ਦੀ ਯਾਦ ਤੋਂ ਇਕ ਘੜੀ-ਪਲ ਦਾ ਵਿਛੋੜਾ ਭੀ ਸਹਾਰ ਨਹੀਂ ਸਕਦਾ ।