UPKAAR
WEBSITE BY SHRI GURU RAVIDAS WELFARE SOCIETY

                          Shri Guru Ravidas Welfare Society

HOME PAGE

ਹਰਿ

ਹਰਿ

 

              

ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ

ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥  ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸ਼ੁਆਨੁ ॥ ਸਚੈ ਮਾਰਗਿ ਚਲਦਿਆ ਉਸਤੁਤ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥  ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥  ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥ ੧॥

ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ । (ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) । ਇਸ ਸੱਚੇ ਰਸਤੇ ਉ੍ਨਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ । ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉ੍ਨਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ) । ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ ।

ਹੇ ਨਾਨਕ! (ਆਖ—) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ । ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉ੍ਨਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ) ।੧੨।

ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ ॥ ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥ ਗੰਗ ਜਮੁਨ ਤਰ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥  ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ॥ ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥

ਮਾਘ (ਮਹੀਨੇ) ਵਿਚ (ਲੋਕ ਪ੍ਰਯਾਗ ਆਦਿਕ ਉਤੇ ਇਸ਼ਨਾਨ ਕਰਨ ਵਿਚ ਪਵਿਤ੍ਰਤਾ ਮੰਨਦੇ ਹਨ ਪਰ) ਜਿਸ ਜੀਵ ਨੇ ਆਪਣੇ ਹਿਰਦੇ ਵਿਚ ਹੀ ਤੀਰਥ ਪਛਾਣ ਲਿਆ ਹੈ ਉਸ ਦੀ ਜਿੰਦ ਪਵਿਤ੍ਰ ਹੋ ਜਾਂਦੀ ਹੈ । ਜੋ ਜੀਵ ਪਰਮਾਤਮਾ ਦੇ ਗੁਣ ਆਪਣੇ ਹਿਰਦੇ ਵਿਚ ਵਸਾ ਕੇ ਉਸ ਦੇ ਚਰਨਾਂ ਵਿਚ ਲੀਨ ਹੁੰਦਾ ਹੈ, ਉਹ ਅਡੋਲ ਅਵਸਥਾ ਵਿਚ ਟਿਕ ਜਾਂਦਾ ਹੈ ਜਿਥੇ ਉਸ ਨੂੰ ਸੱਜਣ-ਪ੍ਰਭੂ ਮਿਲ ਪੈਂਦਾ ਹੈ । ਹੇ ਸੋਹਣੇ ਪ੍ਰੀਤਮ ਪ੍ਰਭੂ! ਜੇ ਤੇਰੇ ਗੁਣ ਮੈਂ ਆਪਣੇ ਹਿਰਦੇ ਵਿਚ ਵਸਾ ਕੇ ਤੇਰੀ ਸਿਫ਼ਤਿ-ਸਾਲਾਹ ਸੁਣ ਕੇ ਤੈਨੂੰ  ਚੰਗਾ ਲੱਗਣ ਲੱਗ ਪਵਾਂ, ਤਾਂ ਮੈਂ ਤੀਰਥ ਉਤੇ ਇਸ਼ਨਾਨ ਕਰ ਲਿਆ (ਸਮਝਦਾ ਹਾਂ) । ਤੇਰੇ ਚਰਨਾਂ ਵਿਚ ਲੀਨਤਾ ਵਾਲੀ ਅਵਸਥਾ ਹੀ ਗੰਗਾ ਜਮਨਾ ਸਰਸ੍ਵਤੀ ਤਿੰਨਾਂ ਨਦੀਆਂ ਦਾ ਮਿਲਾਪ-ਥਾਂ ਹੈ ਤ੍ਰਿਬੇਣੀ ਹੈ, ਉਥੇ ਹੀ ਮੈਂ ਸੱਤੇ ਸਮੁੰਦਰ ਸਮਾਏ ਮੰਨਦਾ ਹਾਂ । ਜਿਸ ਮਨੁੱਖ ਨੇ ਹਰੇਕ ਜੁਗ ਵਿਚ ਵਿਆਪਕ ਪਰਮੇਸਰ ਨਾਲ ਸਾਂਝ ਪਾ ਲਈ ਉਸ ਨੇ (ਤੀਰਥ-ਇਸ਼ਨਾਨ ਆਦਿਕ) ਸਾਰੇ ਪੁੰਨ ਕਰਮ ਦਾਨ ਤੇ ਪੂਜਾ ਕਰਮ ਕਰ ਲਏ । ਹੇ ਨਾਨਕ! ਮਾਘ ਮਹੀਨੇ ਵਿਚ (ਤੀਰਥ-ਇਸ਼ਨਾਨ ਆਦਿਕ ਦੇ ਥਾਂ) ਜਿਸ ਨੇ ਪ੍ਰਭੂ ਦਾ ਨਾਮ ਸਿਮਰ ਕੇ ਪ੍ਰਭੂ-ਨਾਮ ਦਾ ਮਹਾ ਰਸ ਪੀ ਲਿਆ, ਉਸ ਨੇ ਅਠਾਹਠ ਹੀ ਤੀਰਥਾਂ ਦਾ ਇਸ਼ਨਾਨ ਕਰ ਲਿਆ ।੧੫।

ਭਾਵ:- ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥ ਉਤੇ ਇਸ਼ਨਾਨ ਕਰਨ ਵਿਚ ਪਵਿੱਤ੍ਰਤਾ ਮੰਨਦੇ ਹਨ । ਪਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹਿਰਦੇ ਵਿਚ ਵਸਾਣੀ ਹੀ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ