ਪਾਂਡੇ ਤੁਮਰੀ ਗਾਇਤ੍ਰੀ ਲੋਧੇ ਕਾ ਖੇਤੁ ਖਾਤੀ ਥੀ ॥ ਲੈ ਕਰਿ ਠੇਗਾ ਟਗਰੀ ਤੋਰੀ ਲਾਂਗਤ ਲਾਂਗਤ ਜਾਤੀ ਥੀ ॥੧॥ ਪਾਂਡੇ ਤੁਮਰਾ ਮਹਾਦੇਉ ਧਉਲੇ ਬਲਦ ਚੜਿਆ ਆਵਤੁ ਦੇਖਿਆ ਥਾ ॥ ਮੋਦੀ ਕੇ ਘਰ ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ ॥੨॥ ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥ ਰਾਵਨ ਸੇਤੀ ਸਰਬਰ ਹੋਈ ਘਰ ਕੀ ਜੋਇ ਗਵਾਈ ਥੀ ॥੩॥ ਹਿੰਦੂ ਅੰਨ੍ਹਾ ਤੁਰਕੂ ਕਾਣਾ ॥ ਦੁਹਾਂ ਤੇ ਗਿਆਨੀ ਸਿਆਣਾ ॥ ਹਿੰਦੂ ਪੂਜੈ ਦੇਹੁਰਾ ਮੁਸਲਮਾਣੁ ਮਸੀਤਿ ॥ ਨਾਮੇ ਸੋਈ ਸੇਵਿਆ ਜਹ ਦੇਹੁਰਾ ਨ ਮਸੀਤਿ ॥੪॥੩॥੭॥ |
ਆਜੁ—ਅੱਜ, ਹੁਣ, ਇਸੇ ਜਨਮ ਵਿਚ । ਬੀਠਲੁ—ਵਿ—ਪਰੇ, ਦੂਰ । ਸਥਲ—ਖਲੋਤਾ ਹੋਇਆ ਉਹ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ । ਰੇ—ਹੇ ਪਾਂਡੇ! ਸਮਝਾਊ—ਮੈਂ ਸਮਝਾਵਾਂ ।ਰਹਾਉ। ਤੁਮਰੀ ਗਾਇਤ੍ਰੀ—ਜਿਸ ਨੂੰ ਤੁਸੀ ਗਾਇਤ੍ਰੀ ਆਖਦੇ ਹੋ ਤੇ ਜਿਸ ਬਾਰੇ ਇਹ ਸ਼ਰਧਾ-ਹੀਣ ਕਹਾਣੀ ਭੀ ਬਣਾ ਰੱਖੀ ਹੈ । ਗਾਇਤ੍ਰੀ—ਇਕ ਬੜਾ ਪਵਿੱਤਰ ਮੰਤਰ, ਜਿਸ ਦਾ ਪਾਠ ਹਰੇਕ ਬ੍ਰਾਹਮਣ ਲਈ ਸਵੇਰੇ ਸ਼ਾਮ ਕਰਨਾ ਜ਼ਰੂਰੀ ਹੈ । ਲੋਧਾ—ਜੱਟਾਂ ਦੀ ਇਕ ਜਾਤ ਦਾ ਨਾਉਂ ਹੈ । ਠੇਗਾ—ਸੋਟਾ । ਲਾਂਗਤ—ਲੰਙਾ ਲੰਙਾ ਕੇ ।੧। ਮਹਾਦੇਵ—ਸ਼ਿਵ । ਮਉਲੇ—ਚਿੱਟੇ । ਮੋਦੀ—ਭੰਡਾਰੀ । ਵਾ ਕਾ—ਉਸ ਦਾ ।੨। ਸਰਬਰ—ਲੜਾਈ । ਜੋਇ—ਇਸਤ੍ਰੀ । ਤੁਰਕੂ—ਮੁਸਲਮਾਨ । ਜਹ—ਜਿਸ ਦਾ । ਦੇਹੁਰਾ—ਮੰਦਰ ।੪। |
ਆਜੁ ਨਾਮੇ ਬੀਠਲੁ ਦੇਖਿਆ ਮੂਰਖ ਕੋ ਸਮਝਾਊ ਰੇ ॥ ਰਹਾਉ ॥ ਹੇ ਪਾਂਡੇ! ਮੈਂ ਤਾਂ ਇਸੇ ਜਨਮ ਵਿਚ ਪਰਮਾਤਮਾ ਦਾ ਦਰਸ਼ਨ ਕਰ ਲਿਆ ਹੈ (ਪਰ ਤੂੰ ਮੂਰਖ ਹੀ ਰਹਿਓਂ, ਤੈਨੂੰ ਦਰਸ਼ਨ ਨਹੀਂ ਹੋਇਆ; ਆ) ਮੈਂ (ਤੈਨੂੰ) ਮੂਰਖ ਨੂੰ ਸਮਝਾਵਾਂ (ਕਿ ਤੈਨੂੰ ਦਰਸ਼ਨ ਕਿਉਂ ਨਹੀਂ ਹੁੰਦਾ) ।੧।ਰਹਾਉ। ਪਾਂਡੇ ਤੁਮਰੀ ਗਾਇਤ੍ਰੀ ਲੋਧੇ ਕਾ ਖੇਤੁ ਖਾਤੀ ਥੀ ॥ ਲੈ ਕਰਿ ਠੇਗਾ ਟਗਰੀ ਤੋਰੀ ਲਾਂਗਤ ਲਾਂਗਤ ਜਾਤੀ ਥੀ ॥੧॥ ਹੇ ਪਾਂਡੇ! (ਪਹਿਲਾਂ ਤਾਂ ਜਿਸ ਗਾਇਤ੍ਰੀ ਦਾ ਤੂੰ ਪਾਠ ਕਰਦਾ ਹੈਂ ਉਸ ਉੱਤੇ ਤੇਰੀ ਸ਼ਰਧਾ ਨਹੀਂ ਬਣ ਸਕਦੀ, ਕਿਉਂਕਿ) ਤੇਰੀ ਗਾਇਤ੍ਰੀ (ਉਹ ਹੈ ਜਿਸ ਬਾਰੇ ਤੂੰ ਆਪ ਹੀ ਆਖਦਾ ਹੈਂ ਕਿ ਇਕ ਵਾਰੀ ਸ੍ਰਾਪ ਦੇ ਕਾਰਨ ਗਊ ਦੀ ਜੂਨ ਵਿਚ ਆ ਕੇ ਇਹ) ਇਕ ਲੋਧੇ ਜੱਟ ਦੀ ਪੈਲੀ ਖਾਣ ਜਾ ਪਈ, ਉਸ ਨੇ ਸੋਟਾ ਲੈ ਕੇ ਲੱਤ ਤੋੜ ਦਿੱਤੀ ਤਾਂ (ਵਿਚਾਰੀ) ਲੰਙਾ ਲੰਙਾ ਕੇ ਤੁਰਨ ਲੱਗੀ ।੧। ਪਾਂਡੇ ਤੁਮਰਾ ਮਹਾਦੇਉ ਧਉਲੇ ਬਲਦ ਚੜਿਆ ਆਵਤੁ ਦੇਖਿਆ ਥਾ ॥ ਮੋਦੀ ਕੇ ਘਰ ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ ॥੨॥ ਹੇ ਪਾਂਡੇ! (ਫਿਰ ਤੂੰ ਜਿਸ ਸ਼ਿਵ ਜੀ ਦੀ ਅਰਾਧਨਾ ਕਰਦਾ ਹੈਂ ਉਸ ਨੂੰ ਬੜਾ ਕ੍ਰੋਧੀ ਸਮਝਦਾ ਹੈਂ ਤੇ ਆਖਦਾ ਹੈਂ ਕਿ ਗੁੱਸੇ ਵਿਚ ਆ ਕੇ ਉਹ ਸ੍ਰਾਪ ਦੇ ਦੇਂਦਾ ਹੈ, ਭਸਮ ਕਰ ਦੇਂਦਾ ਹੈ । ਐਸੇ ਸ਼ਿਵ ਨਾਲ ਤੂੰ ਪਿਆਰ ਕਿਵੇਂ ਕਰ ਸਕਦਾ ਹੈਂ?) ਤੇਰਾ ਸ਼ਿਵ (ਤਾਂ ਉਹ ਹੈ ਜਿਸ ਬਾਰੇ ਤੂੰ ਆਖਦਾ ਹੈਂ) ਕਿਸੇ ਭੰਡਾਰੀ ਦੇ ਘਰ ਉਸ ਵਾਸਤੇ ਭੋਜਨ ਤਿਆਰ ਹੋਇਆ, ਸ਼ਿਵ ਨੂੰ ਚਿੱਟੇ ਬਲਦ ਉੱਤੇ ਚੜ੍ਹਿਆ ਜਾਂਦਾ ਵੇਖਿਆ, (ਭਾਵ, ਤੂੰ ਦੱਸਦਾ ਹੈਂ ਕਿ ਸ਼ਿਵ ਜੀ ਚਿੱਟੇ ਬਲਦ ਦੀ ਸਵਾਰੀ ਕਰਦੇ ਸਨ) (ਪਰ ਸ਼ਾਇਦ ਉਹ ਭੋਜਨ ਪਸੰਦ ਨਾ ਆਇਆ, ਸ਼ਿਵ ਜੀ ਨੇ ਸ੍ਰਾਪ ਦੇ ਕੇ) ਉਸ ਦਾ ਮੁੰਡਾ ਮਾਰ ਦਿੱਤਾ ।੨। ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥ ਰਾਵਨ ਸੇਤੀ ਸਰਬਰ ਹੋਈ ਘਰ ਕੀ ਜੋਇ ਗਵਾਈ ਥੀ ॥੩॥ ਹੇ ਪਾਂਡੇ! ਤੇਰੇ ਸ੍ਰੀ ਰਾਮ ਚੰਦਰ ਜੀ ਭੀ ਆਉਂਦੇ ਵੇਖੇ ਹਨ (ਭਾਵ, ਜਿਸ ਸ੍ਰੀ ਰਾਮ ਚੰਦਰ ਜੀ ਦੀ ਤੂੰ ਉਪਾਸ਼ਨਾ ਕਰਦਾ ਹੈਂ, ਉਹਨਾਂ ਦੀ ਬਾਬਤ ਭੀ ਤੈਥੋਂ ਇਹੀ ਕੁਝ ਅਸਾਂ ਸੁਣਿਆ ਹੈ ਕਿ) ਰਾਵਣ ਨਾਲ ਉਹਨਾਂ ਦੀ ਲੜਾਈ ਹੋ ਪਈ, ਕਿਉਂਕਿ ਉਹ ਵਹੁਟੀ (ਸੀਤਾ ਜੀ) ਗਵਾ ਬੈਠੇ ਸਨ ।੩। ਹਿੰਦੂ ਅੰਨ੍ਹਾ ਤੁਰਕੂ ਕਾਣਾ ॥ ਦੁਹਾਂ ਤੇ ਗਿਆਨੀ ਸਿਆਣਾ ॥ ਹਿੰਦੂ ਪੂਜੈ ਦੇਹੁਰਾ ਮੁਸਲਮਾਣੁ ਮਸੀਤਿ ॥ ਨਾਮੇ ਸੋਈ ਸੇਵਿਆ ਜਹ ਦੇਹੁਰਾ ਨ ਮਸੀਤਿ ॥੪॥੩॥੭॥ ਨੋਟ:- 'ਰਾਮਾਇਣ' ਅਤੇ 'ਉੱਤਰ ਰਾਮ ਚਰਿਤ੍ਰ' ਆਦਿਕ ਪੁਸਤਕਾਂ ਵਿਚ ਕਈ ਦੂਸ਼ਣ ਭੀ ਸ੍ਰੀ ਰਾਮ ਚੰਦਰ ਜੀ ਉੱਤੇ ਆਰੋਪਣ ਕੀਤੇ ਗਏ ਹਨ, ਭਾਵੇਂ ਉਹ ਭਗਤੀ-ਭਾਵ ਵਿਚ ਗਲੇਫ਼ੇ ਹੋਏ ਹਨ—ਬਾਲੀ ਨੂੰ ਛਿਪ ਕੇ ਮਾਰਨਾ, ਇਕ ਰਾਖ਼ਸ਼ਣੀ ਨੂੰ ਮਾਰਨਾ, ਸੀਤਾ ਜੀ ਨੂੰ ਘਰੋਂ ਕੱਢ ਦੇਣਾ, ਇਤਿਆਦਿਕ । ਇਹ ਦੂਸ਼ਣ ਲਾ ਕੇ ਉਹਨਾਂ ਵਿਚ ਪੂਰੀ ਸ਼ਰਧਾ ਰੱਖਣੀ ਅਸੰਭਵ ਹੋ ਜਾਂਦੀ ਹੈ । ਸੋ ਹਿੰਦੂ ਦੋਵੇਂ ਅੱਖਾਂ ਗਵਾ ਬੈਠਾ ਹੈ, ਪਰ ਮੁਸਲਮਾਨ ਦੀ ਇੱਕ ਅੱਖ ਹੀ ਖ਼ਰਾਬ ਹੋਈ ਹੈ; ਇਹਨਾਂ ਦੋਹਾਂ ਨਾਲੋਂ ਸਿਆਣਾ ਉਹ ਬੰਦਾ ਹੈ ਜਿਸ ਨੂੰ (ਪ੍ਰਭੂ ਦੀ ਹਸਤੀ ਦਾ ਸਹੀ) ਗਿਆਨ ਹੋ ਗਿਆ ਹੈ । (ਹਿੰਦੂ ਨੇ ਇੱਕ ਅੱਖ ਤਾਂ ਤਦੋਂ ਗਵਾਈ ਜਦੋਂ ਉਹ ਆਪਣੇ ਇਸ਼ਟ ਬਾਰੇ ਸ਼ਰਧਾ-ਹੀਣ ਕਹਾਣੀਆਂ ਘੜਨ ਲੱਗ ਪਿਆ, ਤੇ ਦੂਜੀ ਗਵਾਈ, ਜਦੋਂ ਉਹ ਪਰਮਾਤਮਾ ਨੂੰ ਨਿਰਾ ਮੰਦਰ ਵਿਚ ਬੈਠਾ ਸਮਝ ਕੇ) ਮੰਦਰ ਨੂੰ ਪੂਜਣ ਲੱਗ ਪਿਆ, ਮੁਸਲਮਾਨ (ਦੀ ਹਜ਼ਰਤ ਮੁਹੰਮਦ ਸਾਹਿਬ ਵਿਚ ਪੂਰੀ ਸ਼ਰਧਾ ਹੋਣ ਕਰਕੇ ਇੱਕ ਅੱਖ ਤਾਂ ਸਾਬਤ ਹੈ ਪਰ ਦੂਜੀ ਗਵਾ ਬੈਠਾ ਹੈ, ਕਿਉਂਕਿ ਰੱਬ ਨੂੰ ਨਿਰਾ ਮਸਜਿਦ ਵਿਚ ਜਾਣ ਕੇ) ਮਸਜਿਦ ਨੂੰ ਹੀ ਰੱਬ ਦਾ ਘਰ ਸਮਝ ਰਿਹਾ ਹੈ । ਮੈਂ ਨਾਮਦੇਵ ਉਸ ਪਰਮਾਤਮਾ ਦਾ ਸਿਮਰਨ ਕਰਦਾ ਹਾਂ ਜਿਸ ਦਾ ਨਾਹ ਕੋਈ ਖ਼ਾਸ ਮੰਦਰ ਹੈ ਤੇ ਨਾ ਮਸਜਿਦ ।੪।੩।੭। |