ਪੰਨਾ ਨ: ੯੭੨
ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰ ੧
ੴ ਸਤਿਗੁਰ ਪ੍ਰਸਾਦਿ ॥
 
ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥
ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥੧॥
ਮਨੁ ਰਾਮ ਨਾਮਾ ਬੇਧੀਅਲੇ ॥
ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥੧॥ਰਹਾਉ॥

ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥
ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥੨॥
ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥
ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥੩॥
ਕਹਤ ਨਾਮਦੇਉ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ ॥
ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਲਕੁ ਰਾਖੀਅਲੇ ॥੪॥੧॥

ਆਨੀਲੇ—ਲਿਆਂਦਾ । ਕਾਟੀਲੇ—ਕੱਟ ਕੇ ਬਣਾਈ । ਮਧੇ—ਵਿਚ । ਭਰਮੀਅਲੇ—ਉਡਾਈ । ਬਾਤ ਬਤਊਆ—ਗੱਲ-ਬਾਤ, ਗੱਪਾਂ ।੧। ਬੇਧੀਅਲੇ—ਵਿੱਝ ਗਿਆ ਹੈ । ਕਨਿਕ—ਸੋਨਾ । ਕਲਾ—ਹੁਨਰ । ਕਨਿਕ ਕਲਾ—ਸੋਨੇ ਦਾ ਕਾਰੀਗਰ, ਸੁਨਿਆਰਾ । ਮਾਂਡੀਅਲੇ—(ਸੋਨੇ ਵਿਚ) ਜੁੜਿਆ ਰਹਿੰਦਾ ਹੈ ।੧।ਰਹਾਉ। ਕੁੰਭੁ—ਘੜਾ । ਊਦਕ—ਪਾਣੀ । ਕੁਆਰਿ—ਕੁਆਰੀ । ਰਾਜ ਕੁਆਰਿ—ਜੁਆਨ ਕੁਆਰੀਆਂ । ਪੁਰੰਦਰੀਏ—(ਪੁਰ+ਅੰਦਰੋਂ) ਸ਼ਹਿਰ ਵਿਚੋਂ । ਹਸਤ—ਹੱਸਦਿਆਂ । ਬਿਨੋਦ—ਹਾਸੇ ਦੀਆਂ ਗੱਲਾਂ ।੨।
ਮਨੁ ਰਾਮ ਨਾਮਾ ਬੇਧੀਅਲੇ ॥
ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥੧॥ਰਹਾਉ॥

(ਹੇ ਤ੍ਰਿਲੋਚਨ!) ਜਿਵੇਂ ਸੁਨਿਆਰੇ ਦਾ ਮਨ (ਹੋਰਨਾਂ ਨਾਲ ਗੱਲਾਂ-ਬਾਤਾਂ ਕਰਦਿਆਂ ਭੀ, ਕੁਠਾਲੀ ਵਿਚ ਪਾਏ ਹੋਏ ਸੋਨੇ ਵਿਚ) ਜੁੜਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪਰਮਾਤਮਾ ਦੇ ਨਾਮ ਵਿਚ ਵਿੱਝਾ ਹੋਇਆ ਹੈ ।੧।ਰਹਾਉ।

ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥
ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥੧॥

(ਹੇ ਤ੍ਰਿਲੋਚਨ! ਵੇਖ, ਮੁੰਡਾ) ਕਾਗ਼ਜ਼ ਲਿਆਉਂਦਾ ਹੈ, ਉਸ ਦੀ ਗੁੱਡੀ ਕੱਟਦਾ ਹੈ ਤੇ ਗੁੱਡੀ ਨੂੰ ਅਸਮਾਨ ਵਿਚ ਉਡਾਉਂਦਾ ਹੈ, ਸਾਥੀਆਂ ਨਾਲ ਗੱਪਾਂ ਭੀ ਮਾਰੀ ਜਾਂਦਾ ਹੈ, ਪਰ ਉਸ ਦਾ ਮਨ (ਗੁੱਡੀ ਦੀ) ਡੋਰ ਵਿਚ ਟਿਕਿਆ ਰਹਿੰਦਾ ਹੈ ।੧।

ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥
ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥੨॥

(ਹੇ ਤ੍ਰਿਲੋਚਨ!) ਜੁਆਨ ਕੁੜੀਆਂ ਸ਼ਹਿਰ ਵਿਚੋਂ (ਬਾਹਰ ਜਾਂਦੀਆਂ ਹਨ) ਆਪੋ ਆਪਣਾ ਘੜਾ ਚੁੱਕ ਲੈਂਦੀਆਂ ਹਨ, ਪਾਣੀ ਨਾਲ ਭਰਦੀਆਂ ਹਨ, (ਆਪੋ ਵਿਚ) ਹੱਸਦੀਆਂ ਹਨ, ਹਾਸੇ ਦੀਆਂ ਗੱਲਾਂ ਤੇ ਹੋਰ ਕਈ ਵਿਚਾਰਾਂ ਕਰਦੀਆਂ ਹਨ, ਪਰ ਆਪਣਾ ਚਿੱਤ ਆਪੋ ਆਪਣੇ ਘੜੇ ਵਿਚ ਰੱਖਦੀਆਂ ਹਨ ।੨।

ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥
ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥੩॥

(ਹੇ ਤ੍ਰਿਲੋਚਨ!) ਇੱਕ ਘਰ ਹੈ ਜਿਸ ਦੇ ਦਸ ਬੂਹੇ ਹਨ, ਇਸ ਘਰੋਂ ਮਨੁੱਖ ਗਊਆਂ ਚਾਰਨ ਲਈ ਛੱਡਦਾ ਹੈ; ਇਹ ਗਾਈਆਂ ਪੰਜਾਂ ਕੋਹਾਂ ਤੇ ਜਾ ਚੁਗਦੀਆਂ ਹਨ, ਪਰ ਆਪਣਾ ਚਿੱਤ ਆਪਣੇ ਵੱਛੇ ਵਿਚ ਰੱਖਦੀਆਂ ਹਨ (ਤਿਵੇਂ ਹੀ ਦਸ-ਇੰਦ੍ਰਿਆਂ-ਵਾਲੇ ਇਸ ਸਰੀਰ ਵਿਚੋਂ ਮੇਰੇ ਗਿਆਨ-ਇੰਦ੍ਰੇ ਸਰੀਰ ਦੇ ਨਿਰਬਾਹ ਲਈ ਕੰਮ-ਕਾਰ ਕਰਦੇ ਹਨ, ਪਰ ਮੇਰੀ ਸੁਰਤ ਆਪਣੇ ਪ੍ਰਭੂ-ਚਰਨਾਂ ਵਿਚ ਹੀ ਹੈ) ।੩।

ਕਹਤ ਨਾਮਦੇਉ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ ॥
ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਲਕੁ ਰਾਖੀਅਲੇ ॥੪॥੧॥

ਹੇ ਤ੍ਰਿਲੋਚਨ! ਸੁਣ, ਨਾਮਦੇਵ ਜੀ (ਇਕ ਹੋਰ ਦ੍ਰਿਸ਼ਟਾਂਤ) ਆਖਦੇ ਹਨ — ਮਾਂ ਆਪਣੇ ਬਾਲ ਨੂੰ ਪੰਘੂੜੇ ਵਿਚ ਪਾਂਦੀ ਹੈ, ਅੰਦਰ ਬਾਹਰ ਘਰ ਦੇ ਕੰਮਾਂ ਵਿਚ ਰੁੱਝੀ ਰਹਿੰਦੀ ਹੈ, ਪਰ ਆਪਣੀ ਸੁਰਤ ਆਪਣੇ ਬੱਚੇ ਵਿਚ ਰੱਖਦੀ ਹੈ ।੪।੧।